ਸੁਖਬੀਰ ਸਿੰਘ ਬਾਦਲ – ਤਨਖਾਹੀਆ ਕਰਾਰ ਦਿੱਤੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਅੰਮ੍ਰਿਤਸਰ/SANGHOL-TIMES/31ਅਗਸਤ,2024(ਮਲਕੀਤ ਸਿੰਘ ਭਾਮੀਆਂ) – ” ਅਕਾਲ ਤਖ਼ਤ ਸਾਹਿਬ ਵੱਲੋ ਤਨਖਾਹੀਆ ਕਰਾਰ ਦਿੱਤੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋ ਜਾਰੀ ਹੁਕਮ ਨੂੰ ਦਾਸ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋਕੇ ਖਿਮਾ ਜਾਚਨਾ ਕਰਾਂਗਾ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਅਪਣੀ ਸਰਕਾਰ ਦੌਰਾਨ ਕਈ ਗੁਨਾਹ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਇਹ ਫੈਸਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਨੇ ਬਣਾਇਆ ਵਰਕਿੰਗ ਪ੍ਰਧਾਨ ! ਅਕਾਲੀ ਦਲ ਨੇ ਕੱਲ੍ਹ ਪੰਜ ਤਖਤਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਦੇ ਸੰਵੇਦਨਸ਼ੀਲ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਹੈ। ਕਈ ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਬਲਵਿੰਦਰ ਸਿੰਘ ਭੂੰਦੜ ਜਿੰਨਾਂ ਨੂੰ ਕਾਰਜਕਾਰੀ ਮੁੱਖੀ ਨਿਯੁਕਤ ਕੀਤਾ ਗਿਆ ਸੀ, ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ‘ਤੇ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ ; ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਦੋਂ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੇ ਉਦੋਂ ਹੀ ਕਹਿ ਦਿੱਤਾ ਸੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹੁਕਮ ਸਿਰ ਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ‘ਤੇ ਕੋਈ ਕਿੰਤੂ ਪ੍ਰੰਤੂ ਨਹੀਂ ਹੈ। ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਹਾਲਾਂਕਿ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋ ਕੈਬਨਿਟ ਮੰਤਰੀਆਂ ਕੋਲੋ ਮੰਗੇ ਸਪੱਸ਼ਟੀਕਰਨ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇੰਨਕਾਰ ਕਰ ਦਿੱਤਾ।
ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹੁਕਮ ਨੂੰ ਸ਼੍ਰੋਮਣੀ ਅਕਾਲੀ ਦਲ ਸਿਰ ਨਿਵਾ ਕੇ ਪ੍ਰਵਾਨ ਕਰਦਾ – ਡਾ ਚੀਮਾ ! ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਕੋਈ ਵੀ ਹੁਕਮ ਹੋਇਆ ਹੈ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ। ਜਿਸ ਦਿਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਬਣ ਕੇ ਸਪੱਸ਼ਟੀਕਰਨ ਦੇਣ ਗਏ ਸਨ, ਉਸ ਸਮੇਂ ਉਨ੍ਹਾਂ ਨੇ ਸ਼ੱਪਸ਼ਟ ਕਰ ਦਿੱਤਾ ਸੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਵੀ ਹੁਕਮ ਆਵੇਗਾ, ਅਸੀਂ ਉਸਨੂੰ ਪ੍ਰਵਾਨ ਕਰਾਂਗੇ। ਇਸ ਸਮੇਂ ਜੋ ਹੁਕਮ ਅੱਜ ਸੁਖਬੀਰ ਸਿੰਘ ਬਾਦਲ ਜਾਂ ਉਸ ਸਮੇਂ ਦੇ ਕੈਬਨਿਟ ਮੰਤਰੀਆਂ ਲਈ ਆਇਆ ਹੈ। ਅਸੀਂ ਸਿਰ ਝੁਕਾ ਕੇ ਪ੍ਰਵਾਨ ਕਰਦੇ ਹਾਂ ਇਸ ਤਰ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਆਇਆ ਹੈ, ਅਸੀਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਮੱਥਾ ਟੇਕ ਕੇ ਅਪਣਾ ਸਪੱਸ਼ਟੀਕਰਨ ਦੇਵਾਂਗੇ।
