ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ
ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਹੋਏ ਸ਼ਾਮਲ


ਅੰਮ੍ਰਿਤਸਰ/SANGHOL-TIMES/10 ਅਕਤੂਬਰ,2024(ਰਣਜੀਤ ਸਿੰਘ ਮਸੌਣ/ਬਲਦੇਵ ਰਾਜ) ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸਾਰੇ ਭਗਵਾਨ ਵਾਲਮੀਕੀ ਜੀ ਦੇ ਦੱਸੇ ਮਾਰਗ ਤੇ ਚੱਲੀਏ। ਇਸ ਮੌਕੇ ਉਨ੍ਹਾਂ ਦੇ ਨਾਲ ਡਵੀਜ਼ਨਲ ਕਮਿਸ਼ਨਰ ਪ੍ਰਦੀਪ ਸਭਰਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਉ.ਪੀ. ਗੱਬਰ, ਆਪ ਆਗੂ ਰਵਿੰਦਰ ਹੰਸ ਵੀ ਹਾਜ਼ਰ ਸਨ।
ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਂਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ ਅਤੇ ਇਸ ਉਪਰੰਤ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਜਿਥੇ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਲੀਹਾਂ ਉੱਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਜਨਰਲ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸ੍ਰੀ ਦੁਰਗਿਆਨਾ ਮੰਦਿਰ ਕਮੇਟੀ ਪ੍ਰਧਾਨ ਮੈਡਮ ਲਕਸ਼ਮੀ ਕਾਂਤਾ ਚਾਵਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਅਸ਼ੋਕ ਤਲਵਾੜ, ਡਾ. ਰਾਕੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
——-
ਕੈਪਸ਼ਨ : ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ।
ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਦੇ ਹੋਏ।
ਗਾਰਡ ਆਫ ਆਨਰ ਦੀਆਂ ਤਸਵੀਰਾਂ
ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਅਤੇ ਹੋਰ
