ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਸੰਘੋਲਟਾਇਮਜ਼(ਜਗਮੀਤਸਿੰਘ-ਜੋਬਨਪ੍ਰੀਤ ਸਿੰਘ)ਅੰਮ੍ਰਿਤਸਰ/20ਮਈ,2022-
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ, ਜਿਸ ਦੇ ਭੋਗ 22 ਮਈ ਨੂੰ ਪਾਏ ਜਾਣਗੇ, ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿਚ ਹੋ ਰਹੇ ਸਮਾਗਮ ਸਮੇਂ ਸ਼ਾਮਲ ਦੀ ਅਪੀਲ ਵੀ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ ਅਤੇ ਹੋਰ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅਰਦਾਸ ’ਚ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ।