
ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ
ਲਾਏ – ਖਤਰਨਾਕ ਡੇਂਗੂ ਮੱਛਰ ਤੋਂ ਇਸ ਤਰਾਂ ਬਚੋ
Sanghol Times – ਬਲਾਚੌਰ/18 ਜੁਲਾਈ,2023 – ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬਲਾਕ ਬਲਾਚੌਰ ਦੇ ਅਧੀਨ ਆਉਂਦੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਾਏ ਗਏ।
ਰੂਰਲ ਮੈਡੀਕਲ ਅਫ਼ਸਰ ਡਾ. ਮਨਦੀਪ ਸਿੰਘ ਨੇ ਲੋਕਾਂ ਨੂੰ ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਇਹਨਾਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਦੂਸ਼ਿਤ ਪਾਣੀ ਅਤੇ ਉਸ ਤੋਂ ਬਣੇ ਭੋਜਨ ਨਾਲ ਦਸਤ ਅਤੇ ਪੇਟ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਹਨਾਂ ਨੇ ਲੋਕਾਂ ਨੂੰ ਅਣਪੱਕਿਆ ਤੇ ਬਾਹਰ ਦਾ ਖਾਣਾ ਖਾਣ ਤੋਂ ਪਰਹੇਜ਼ ਕਰਨ, ਭੋਜਨ ਢਕ ਕੇ ਰੱਖਣ, ਪਾਣੀ ਉਬਾਲ ਕੇ ਪੀਣ, ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਅਤੇ ਖੁੱਲ੍ਹੇ ਵਿੱਚ ਮਲ ਤਿਆਗ ਨਾ ਕਰਨ ਦੀ ਸਲਾਹ ਦਿੱਤੀ। ਲੋਕਾਂ ਨੂੰ ਬਰਸਾਤੀ ਪਾਣੀ ਦਾ ਨਿਕਾਸ ਉਚਿੱਤ ਢੰਗ ਨਾਲ ਕਰਨ ਲਈ ਕਿਹਾ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ, ਜੋ ਮਾਦਾ ਏਡੀਜ਼ ਐਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਡੇਂਗੂ ਹੋ ਜਾਣ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਿਰ ਅਤੇ ਮਾਸਪੈਸ਼ੀਆਂ ਵਿੱਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਮਸੂੜਿਆਂ ਤੇ ਨੱਕ ਵਿੱਚੋ ਖੂਨ ਵਗਣਾ ਆਦਿ ਹਨ। ਡੇਂਗੂ ਬੁਖਾਰ ਤੋਂ ਬਚਾਅ ਲਈ ਸਾਵਧਾਨੀਆਂ ਅਤੇ ਜਾਗਰੂਕਤਾ ਹੀ ਇਸਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ।
ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਡੇਂਗੂ ਬਾਰੇ ਸਚੇਤ ਕਰਦਿਆਂ ਦੱਸਿਆ ਕਿ ਅਸੀਂ ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰੀਏ, ਕੱਪੜੇ ਅਜਿਹੇ ਪਾਈਏ ਕਿ ਸਰੀਰ ਨੂੰ ਪੂਰਾ ਢਕ ਸਕੀਏ, ਮੱਛਰਦਾਨੀ ਜਾਂ ਫੇਰ ਮੱਛਰ ਭਜਾਉਣ ਵਾਲੀ ਕਰੀਮ ਦਾ ਇਸਤੇਮਾਲ ਕਰੀਏ, ਟੈਂਕੀਆਂ, ਟਾਇਰ ਅਤੇ ਟੁੱਟੇ ਬਰਤਨਾਂ ਵਿੱਚ ਪਾਣੀ ਨਾ ਖੜਾ ਹੋਣ ਦੇਈਏ। ਉਹਨਾਂ ਨੇ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਤਾਲਮੇਲ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਡਾ. ਰਾਹੁਲ ਕੁਮਾਰ, ਸੁਖਦੇਵ ਸਿੰਘ, ਗੁਰਨੇਕ ਸਿੰਘ, ਰਣਜੀਤ ਕੌਰ, ਮਮਤਾ ਰਾਣੀ, ਸਰਬਜੀਤ ਕੌਰ, ਦਜਿੰਦਰ ਕੌਰ, ਬਲਜੀਤ ਕੌਰ, ਅਮਨਦੀਪ ਸਿੰਘ ਤੇ ਸੁਰਿੰਦਰ ਸਿੰਘ ਸਮੇਤ ਆਸ਼ਾ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ।