
ਬੰਦੀ ਸਿੰਘਾਂ ਬਾਰੇ ਸ੍ਰੀ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ `ਤੇ ਦਿੱਤੀ ਪ੍ਰਤੀਕਿਰਿਆ
Sanghol Times/ਅੰਮ੍ਰਿਤਸਰ/Jagmeet Singh-Jobsanpreet Singh)21ਦਸੰਬਰ,2023 –
ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਾਨਵ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਉਨਾਂ ਨੂੰ ਆਪਣੇ ਹੀ ਦੇਸ਼ ਅੰਦਰ ਇਨਸਾਫ ਨਹੀਂ ਮਿਲ ਰਿਹਾ ਅਤੇ ਹੁਣ ਗ੍ਰਹਿ ਮੰਤਰੀ ਦੇ ਸੰਸਦ ਵਿੱਚ ਦਿੱਤੇ ਤਾਜ਼ਾ ਬਿਆਨ ਨੇ ਸਿੱਖਾਂ ਦੇ ਮਨਾ ਨੂੰ ਇੱਕ ਵਾਰ ਫਿਰ ਗਹਿਰੀ ਸੱਟ ਮਾਰੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਸਰਕਾਰ ਨੂੰ ਕਦੇ ਨਹੀਂ ਭੁੱਲਣੀਆਂ ਚਾਹੀਦੀਆਂ। ਜਿਸ ਸੰਸਦ ਅੰਦਰ ਗ੍ਰਹਿ ਮੰਤਰੀ ਆਪਣਾ ਬਿਆਨ ਦੇ ਰਹੇ ਹਨ ਉਹ ਸੰਸਦ ਵੀ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਕਾਇਮ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਅੰਦਰ ਹੈ। ਕੇਂਦਰ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਆਪਣੇ ਨੋਟੀਫਿਕੇਸ਼ਨ ਰਾਹੀਂ ਇਸ ਨੂੰ ਪ੍ਰਵਾਨ ਕਰ ਚੁੱਕੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ 2019 ਵਾਲਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਬਿਆਨ ਆਪਣੇ ਹੀ ਇਸ ਨੋਟੀਫਿਕੇਸ਼ਨ ਦੀ ਭਾਵਨਾ ਦੇ ਬਿਲਕੁਲ ਉਲਟ ਅਤੇ ਹੈਰਾਨੀਜਨਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਿਲ ਬੈਠ ਕੇ ਵਿਚਾਰਨ ਵਾਲਾ ਹੈ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵਾਸਤੇ ਸਮਾਂ ਵੀ ਮੰਗਿਆ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਬੰਦੀਆਂ ਦੇ ਸੰਜੀਦਾ ਮਸਲੇ `ਤੇ ਗੱਲਬਾਤ ਵਿੱਚ ਆਉਣ।
ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, 81968-00236
ਨੰਬਰ : 830, ਮਿਤੀ : 21-12-2023