ਹਾਈਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਐਨਡੀਪੀਐਸ ਮਾਮਲੇ ‘ਚ ਭੇਜੇ ਸੰਮਨ ਐਸਆਈਟੀ ਨੇ ਲਏ ਵਾਪਿਸ
ਚੰਡੀਗੜ੍ਹ/SANGHOL-TIMES/09ਜੁਲਾਈ,2024(ਮਲਕੀਤ ਸਿੰਘ ਭਾਮੀਆਂ) – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ ( ਐਸਆਈਟੀ ) ਨੇ ਅਦਾਲਤ ਵਿੱਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਬਿਕਰਮ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਿਸ ਲੈ ਲਏ ਹਨ। ਦਰਅਸਲ ਬਿਕਰਮ ਮਜੀਠੀਆ ਨੇ ਐਸਆਈਟੀ ਦੇ ਸੰਮਨਾਂ ਨੂੰ ਹਾਈਕੋਰਟ ‘ਚ ਚਣੌਤੀ ਦਿੱਤੀ ਸੀ। ਇੰਨਾਂ ਸੰਮਨਾਂ ਨੂੰ ਨਜਾਇਜ਼ ਦੱਸਿਆ ਸੀ ਅਤੇ ਇੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੱਜ ਜਿਵੇਂ ਹੀ ਹਾਈਕੋਰਟ ‘ਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਿਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਐਸਆਈਟੀ ਦੀ ਰਿਪੋਰਟ ਦੇ ਅਧਾਰ ਤੇ ਸਾਬਕਾ ਚੰਨੀ ਸਰਕਾਰ ਦੌਰਾਨ ਦਸੰਬਰ 2024 ‘ਚ ਬਿਕਰਮ ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ 2022 ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿੱਚ ਰਹੇ ਸਨ ਅਤੇ ਹੁਣ ਵੀ ਉਹ ਜ਼ਮਾਨਤ ‘ਤੇ ਬਾਹਰ ਹਨ। ਹੁਣ ਉਨ੍ਹਾਂ ਨੂੰ ਐਸਆਈਟੀ ਵੱਲੋ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਹਾਈਕੋਰਟ ਨੇ ਅੱਜ ਇਸ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ।
