ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਦੇ ਨਾਮ ਦਾ ਰੱਖਿਆ ਪ੍ਰਸਤਾਵ
ਨਵੀਂ-ਦਿੱਲੀ/SANGHOL-TIMES/17ਸਤੰਬਰ,2024(ਮਲਕੀਤ ਸਿੰਘ ਭਾਮੀਆਂ) – ਦਿੱਲੀ ਦੀ ਅਗਲੀ ਮੁੱਖ ਮੰਤਰੀ ਆਤਿਸ਼ੀ ਹੋਵੇਗੀ। ਆਮ ਆਦਮੀ ਪਾਰਟੀ ( ਆਪ ) ਵਿਧਾਇਕ ਦਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ। ਵਿਧਾਇਕਾਂ ਨੇ ਇਸ ‘ਤੇ ਸਹਿਮਤੀ ਜਤਾਈ। ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਮਰਹੂਮ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਤ ਦਿੱਲੀ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ( ਪੀਏਸੀ ) ਦੇ ਆਗੂਆਂ ਨੇ ਦਿੱਲੀ ਦੇ ਅਗਲੇ ਮੁੱਖ ਮੰਤਰੀ ਵੱਜੋਂ ਆਤਿਸ਼ੀ ਦੇ ਨਾਂ ਦਾ ਸੁਝਾਅ ਦਿੱਤਾ ਸੀ। ਪੀਏਸੀ ਦੀ ਮੀਟਿੰਗ ਸੋਮਵਾਰ ( 16 ਸਤੰਬਰ ) ਨੂੰ ਹੋਈ। ਅਰਵਿੰਦ ਕੇਜਰੀਵਾਲ ਨੇ ਐਤਵਾਰ ( 15 ਸਤੰਬਰ ) ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੀਬੀਆਈ ਦੇ ਮਾਮਲੇ ਵਿੱਚ 13 ਸਤੰਬਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਸੀ। ਉਨ੍ਹਾਂ ਨੂੰ ਈਡੀ ਦੇ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੂੱਕੀ ਸੀ। ਉਹ 13 ਸਤੰਬਰ ਨੂੰ ਹੀ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਨ। ਇਸ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਨੇ “ਆਪ” ਵਰਕਰਾਂ ਨੂੰ ਸੰਬੋਧਨ ਕਰਦਿਆਂ ਅਸਤੀਫੇ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਮੈ ਅਗਨੀ ਪ੍ਰੀਖਿਆ ਦੇਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਸੀ, “ਜਦੋਂ ਤੱਕ ਲੋਕ ਉਨ੍ਹਾਂ ਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਨਹੀਂ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ।” ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਦੇ ਨਾਲ ਨਵੰਬਰ ਵਿੱਚ ਚੋਣਾਂ ਕਰਵਾਉਣ ਦੀ ਵੀ ਅਪੀਲ ਕੀਤੀ। ਇਹ ਨਾਂ ਵੀ ਚਰਚਾ ਵਿੱਚ ਸਨ ; ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਪਾਰਟੀ ਦੇ ਅੰਦਰੂਨੀ ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਆਤਿਸ਼ੀ ਤੋਂ ਇਲਾਵਾ ਦਿੱਲੀ ਦੇ ਮੰਤਰੀ ਗੋਪਾਲ ਰਾਏ, ਕੈਲਾਸ਼ ਗਹਿਲੋਤ ਅਤੇ ਸੌਰਭ ਭਾਰਦਵਾਜ ਦੇ ਨਾਂ ਮੁੱਖ ਮੰਤਰੀ ਦੇ ਅਹੁੱਦੇ ਲਈ ਸੰਭਾਵਿਤ ਦਾਅਵੇਦਾਰਾਂ ਵੱਜੋਂ ਚਰਚਾ ਵਿੱਚ ਸਨ।
