
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਚ ਨਵੇਂ ਮੰਤਰੀ ਮੰਡਲ ਦਾ ਵਿਸਥਾਰ, ਪੰਜ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
ਚੰਡੀਗੜ੍ਹ/SANGHOL-TIMES/23 ਸਤੰਬਰ,2024(ਮਲਕੀਤ ਸਿੰਘ ਭਾਮੀਆਂ) – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਮਵਾਰ ( 23 ਸਤੰਬਰ ) ਨੂੰ ਸ਼ਾਮ ਨੂੰ ਚੰਡੀਗੜ੍ਹ ਸਥਿਤ ਰਾਜ ਭਵਨ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਪੰਜ ਵਿਧਾਇਕਾਂ ਨੂੰ ਕੈਬਨਿਟ ਮੰਤਰੀਆਂ ਦੇ ਅਹੁੱਦੇ ‘ਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ ਐਤਵਾਰ ਨੂੰ ਬਦਲੇ ਸਿਆਸੀ ਘਟਨਾਕ੍ਰਮ ਵਿੱਚ ਪੰਜਾਬ ਦੇ ਚਾਰ ਮੰਤਰੀਆਂ ਨੇ ਅਪਣੇ ਅਹੁੱਦਿਆਂ ਤੋਂ ਅਸਤੀਫਾ ਦੇ ਦਿੱਤਾ, ਜਿਸਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਵੀ ਕਰ ਲਿਆ ਗਿਆ। 117 ਵਿਧਾਇਕਾਂ ਵਾਲੀ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਹਿਲੇ 15 ਮੰਤਰੀ ਹਨ। ਮੰਤਰੀ ਮੰਡਲ ਵਿੱਚ ਕੁੱਲ 18 ਮੰਤਰੀ ਹੋ ਸਕਦੇ ਹਨ। ਸੋਮਵਾਰ ਨੂੰ ( 23 ਸਤੰਬਰ ) ਨੂੰ ਅਹੁੱਦਿਆਂ ਦੇ ਵਿਸਥਾਰ ਨਾਲ ਸੂਬੇ ‘ਚ ਮੁੱਖ ਮੰਤਰੀ ਸਮੇਤ ਮੰਤਰੀਆਂ ਦੀ ਗਿਣਤੀ 16 ਹੋ ਗਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਸੱਭ ਤੋਂ ਪਹਿਲਾਂ ਲੁਧਿਆਣਾ ਜਿਲ੍ਹੇ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਮੰਤਰੀ ਵੱਜੋ ਸੰਹੁ ਚੁਕਾਈ ਗਈ।
ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਹਰਾਉਣ ਵਾਲੇ ਵਿਧਾਇਕ ਸੁਰਿੰਦਰ ਕੁਮਾਰ ਗੋਇਲ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ, ਸ਼ਾਮਚੁਰਾਸੀ ਤੋਂ ਵਿਧਾਇਕ ਡਾ ਰਵਜੋਤ ਸਿੰਘ ਅਤੇ ਅਖੀਰ ਵਿੱਚ ਜਲੰਧਰ ਪੱਛਮੀ ਸੀਟ ਤੋਂ ਹਾਲ ‘ਚ ਵਿਧਾਇਕ ਬਣੇ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਵੱਜੋ ਅਹੁੱਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਗਈ। ਮੰਤਰੀ ਮੰਡਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੇ ਭਰੋਸੇਯੋਗ ਓਐਸਡੀ ਓਮਕਾਰ ਸਿੰਘ ਨੂੰ ਹਟਾ ਦਿੱਤਾ ਹੈ। ਇਸਦਾ ਕਾਰਨ ਸ਼ਪਸਟ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਐਤਵਾਰ ( 22 ਸਤੰਬਰ ) ਨੂੰ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਾਲ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾਂ, ਸੂਚਨਾ, ਲੋਕ ਸੰਪਰਕ, ਮਾਇੰਨਗ ਅਤੇ ਭੂਮੀ ਇਸ਼ਤਿਹਾਰਬਾਜ਼ੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ, ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅਪਣੇ ਅਹੁੱਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।