ਸਰਕਾਰੀ ਕਰਮਚਾਰੀ, ਆਂਗਣਵਾੜੀ ਤੇ ਆਸ਼ਾ ਵਰਕਰ 100 ਫੀਸਦੀ ਯੋਜਨਾ ਹੇਠ ਕਵਰ ਹੋਣਗੇਚੰਡੀਗੜ੍ਹ/SANGHOL-TIMES/BUREAU/08 ਜੁਲਾਈ,2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਮਿਲੇਗਾ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ਵਿੱਚ ਜ਼ਿੰਦਗੀ ਬਤੀਤ ਕਰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਾਂ ਆਸਾਂ-ਉਮੀਦਾਂ ਵੀ ਛੱਡ ਦਿੱਤੀਆਂ ਸਨ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਵੀਂ ਸਿਹਤ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਸਾਰੇ ਪਰਿਵਾਰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੇ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੋਵੇਗਾ ਜਿਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਕਿਸੇ ਵੀ ਵਸਨੀਕ ਨੂੰ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਨਹੀਂ ਦੇਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੇਂਦਰ ਬਿੰਦੂ ਵਿੱਚ ਲਿਆਉਣ ਦਾ ਸਿਹਰਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਮੁਫ਼ਤ ਜਾਰੀ ਕੀਤਾ ਜਾਵੇਗਾ ਅਤੇ ਇਸ ਨਾਲ ਉਨ੍ਹਾਂ ਨੂੰ ਮਿਆਰੀ ਇਲਾਜ ਮਿਲੇਗਾ।

ਉਨ੍ਹਾਂ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਲੋਕਾਂ ਤੋਂ ਜਨਮ ਦਾ ਸਬੂਤ ਮੰਗ ਰਹੇ ਹਨ ਜਦਕਿ ਲੋਕ ਦਹਾਕਿਆਂ ਤੋਂ ਵੋਟ ਪਾਉਂਦੇ ਆ ਰਹੇ ਹਨ ਅਤੇ ਦੂਜੇ ਪਾਸੇ ਸਾਡੀ ਸਰਕਾਰ ਵੱਲੋਂ ਬਿਨਾਂ ਕੋਈ ਸ਼ਰਤ ਲਾਏ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਅਦਾਕਾਰ ਦੀ ਪਹਿਲਗਾਮ ਹਮਲੇ ਤੋਂ ਬਹੁਤ ਪਹਿਲਾਂ ਬਣੀ ਫਿਲਮ ‘ਤੇ ਦੇਸ਼ ਵਿੱਚ ਬੇਲੋੜੀ ਪਾਬੰਦੀ ਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ-ਮਹਾਂਪੁਰਸ਼, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਲੱਗਾ ਇਹ ਕਲੰਕ ਛੇਤੀ ਹੀ ਮਿਟ ਜਾਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੇ ਗੱਭਰੂਆਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ ‘ਜਰਨੈਲਾਂ’ ਨੂੰ ਹਰ ਹਾਲ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ, “ਇਹ ਹੰਕਾਰੀ ਸਿਆਸਤਦਾਨ ਜੋ ਆਪਣੀਆਂ ਮੁੱਛਾਂ ਚੜ੍ਹਾ ਕੇ ਤਸਵੀਰਾਂ ਖਿਚਵਾਉਣ ਦੇ ਸ਼ੌਕੀਨ ਸਨ, ਹੁਣ ਸਲਾਖਾਂ ਪਿੱਛੇ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਇਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਜਿਹੇ ਲੋਕਾਂ ਨੂੰ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਮਿਲੇ।

ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਿਹਤ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿਤੀ।