ਮਠਿਆਈ ਦੁਕਾਨਦਾਰਾਂ ਨੂੰ ਸ਼ੁੱਧ ਅਤੇ ਮਿਆਰੀ ਚੀਜ਼ਾਂ ਵੇਚਣ ਦੀ ਅਪੀਲ
—
ਡੇਰਾਬੱਸੀ ’ਚ ਐਸ.ਡੀ.ਐਮ. ਅਤੇ ਜ਼ਿਲ੍ਹਾ ਸਿਹਤ ਅਫ਼ਸਰ ਨੇ ਕੀਤੀ ਸਾਂਝੀ ਬੈਠਕ
ਮੋਹਾਲੀ, 3 ਜੁਲਾਈ : ਡੇਰਾਬੱਸੀ ਦੇ ਐਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਵਲੋਂ ਡੇਰਾਬੱਸੀ ਵਿਚ ਹਲਵਾਈਆਂ ਅਤੇ ਮਠਿਆਈ ਦੁਕਾਨਦਾਰਾਂ ਨਾਲ ਸਾਂਝੀ ਬੈਠਕ ਕੀਤੀ ਗਈ। ਬੈਠਕ ਨੂੰ ਸੰਬੋਧਨ ਕਰਦਿਆਂ ਡਾ. ਸੁਭਾਸ਼ ਕੁਮਾਰ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ਦੇ ਕਾਰੋਬਾਰੀਆਂ/ਦੁਕਾਨਦਾਰਾਂ ਜਾਂ ਰੇਹੜੀ-ਫੜ੍ਹੀ ਵਾਲਿਆਂ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਕੋਲੋਂ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ ਲਾਇਸੰਸ ਬਣਵਾਉਣਾ ਲਾਜ਼ਮੀ ਹੈ, ਜਿਸ ਵਾਸਤੇ ਸਿਹਤ ਵਿਭਾਗ ਦੇ ਦਫ਼ਤਰ ਆਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਕਰਵਾਉਣ ਦੀ ਸਮੁੱਚੀ ਪ੍ਰਕਿ੍ਰਆ ਆਨਲਾਈਨ ਹੈ। ਵਿਭਾਗ ਦੀ ਵੈਬਸਾਈਟwww.foscos.fssai.gov.in
ਜ਼ਿਲ੍ਹਾ ਸਿਹਤ ਅਧਿਕਾਰੀ ਨੇ ਮਠਿਆਈ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲ੍ਹੀਆਂ ਮਠਿਆਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉਤੇ ‘ਇਸ ਤਰੀਕ ਤੋਂ ਪਹਿਲਾਂ ਖਾਣਯੋਗ’ ਵਾਲੀ ਪਰਚੀ ਲਗਾਉਣੀ ਪਵੇਗੀ ਤੇ ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰਨਗੇ, ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ। ਇਹ ਨਿਯਮ ਦੇਸ਼ ਭਰ ’ਚ 1 ਅਕਤੂਬਰ, 2020 ਤੋਂ ਲਾਗੂ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਕੀਤੀਆਂ ਅਤੇ ਇਹ ਵੀ ਕਿਹਾ ਕਿ ਕਾਨੂੰਨ ਮੁਤਾਬਕ ਦੁਕਾਨਦਾਰਾਂ ਲਈ ਸ਼ੁੱਧ ਅਤੇ ਮਿਆਰੀ ਚੀਜ਼ਾਂ ਵੇਚਣਾ ਜ਼ਰੂਰੀ ਹੈ। ਇਸ ਲਈ ਯਕੀਨੀ ਬਣਾਇਆ ਜਾਵੇ ਕਿ ਹਰ ਚੀਜ਼ ਫ਼ੂਡ ਸੇਫ਼ਟੀ ਕਾਨੂੰਨ ਦੇ ਨਿਯਮਾਂ ਮੁਤਾਬਕ ਸ਼ੁੱਧ ਅਤੇ ਮਿਆਰੀ ਬਣਾਈ ਜਾਵੇ।
ਐਸ.ਡੀ.ਐਮ. ਡਾ. ਹਿਮਾਂਸ਼ੂ ਨੇ ਕਿਹਾ ਕਿ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਉਤੇ ਪੂਰੀ ਤਰ੍ਹਾਂ ਰੋਕ ਲਗਾ ਦਿਤੀ ਗਈ ਹੈ। ਇਸ ਲਈ ਇਸ ਤਰ੍ਹਾਂ ਦੀ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕੀਤੀ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਉਹ ਬੱਚਿਆਂ ਤੋਂ ਦੁਕਾਨਾਂ ਵਿਚ ਕੰਮ ਨਾ ਕਰਵਾਉਣ ਕਿਉਂਕਿ ਬਾਲ ਮਜ਼ਦੂਰੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਉਨ੍ਹਾਂ ਦੁਕਾਨਦਾਰਾਂ ਦੀਆਂ ਵੱਖ ਵੱਖ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਤਾ। ਇਸ ਮੌਕੇ ਫ਼ੂਡ ਸੇਫ਼ਟੀ ਅਫ਼ਸਰ ਅਨਿਲ ਕੁਮਾਰ ਅਤੇ ਰਵੀਨੰਦਨ ਗੋਇਲ ਵੀ ਮੌਜੂਦ ਸਨ।