ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ
ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਗਰਮ ਰਹਿਣ ਦੇ ਆਦੇਸ਼
SangholTimes/ਚੰਡੀਗੜ੍ਹ/27ਅਕਤੂਬਰ,2022 –
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗਲਤੀ ਕਰਨ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਉਨ੍ਹਾਂ ਦੇ ਮੈਡੀਕਲ ਉਪਕਰਨਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਨਵੇਂ ਉਪਕਰਨ ਦੀ ਲੋੜ ਜਾਂ ਮੁਰੰਮਤ ਬਾਰੇ ਜਾਣੂ ਕਰਵਾਉਣ ਸਬੰਧੀ ਨਿਰਦੇਸ਼ ਦੇਣ ਕਿਉਂਕਿ ਇਸ ਸਬੰਧੀ ਬਜਟ ਵਿੱਚ ਉਪਬੰਧ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਪੰਜਾਬ ਦੀਆਂ ਸਿਹਤ ਸੰਸਥਾਵਾਂ ਵਿੱਚ ਨਕਾਰਾ/ਵਰਤੋਂ ਵਿੱਚ ਨਾ ਆਉਣ ਵਾਲੇ ਉਪਕਰਨਾਂ ਦਾ ਨਿਪਟਾਰਾ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਤਾਂ ਜੋ ਹਸਪਤਾਲਾਂ ਵਿੱਚ ਥਾਂ ਖਾਲੀ ਹੋ ਸਕੇ। ਸਾਫ਼-ਸਫ਼ਾਈ ਸਬੰਧੀ ਮੰਤਰੀ ਨੇ ਹਸਪਤਾਲਾਂ ਵਿੱਚ ਸਾਫ਼-ਸਫ਼ਾਈ ਦੇ ਰੱਖ-ਰਖਾਅ ਲਈ ਠੇਕਿਆਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਸਪਤਾਲਾਂ ਦੀ ਬਿਹਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਖਸਤਾ ਹਾਲਤ ਵਾਲੀਆਂ ਪੁਰਾਣੀਆਂ ਇਮਾਰਤਾਂ ਨੂੰ ਢੁਕਵੀਂ ਪ੍ਰਕਿਰਿਆ ਅਪਣਾਉਂਦਿਆਂ ਢਾਹ ਦਿੱਤਾ ਜਾਵੇ।
ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 25 ਜਨ ਔਸ਼ਧੀ ਸਟੋਰ ਪਹਿਲਾਂ ਹੀ ਕਫਾਇਤੀ ਦਰਾਂ ‘ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹਨ ਅਤੇ ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲ੍ਹਣ ਦੀ ਯੋਜਨਾ ਹੈ।
ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਸ਼ਿਕਾਇਤਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਰਮਚਾਰੀਆਂ ਦੇ ਹਿੱਤ ਲਈ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮਾਮਲੇ ਨੂੰ ਨਿਪਟਾਉਣ ਲਈ ਵੀ ਕਿਹਾ।
ਇਸ ਮੀਟਿੰਗ ਵਿੱਚ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਅਭਿਨਵ ਤ੍ਰਿਖਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਹੋਮਿਓਪੈਥੀ, ਡਾਇਰੈਕਟਰ ਆਯੁਰਵੈਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
———