ਕੋਵਿਡ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ : ਸਿਵਲ ਸਰਜਨ
ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਹੈ ਤਾਂ ਡਾਕਟਰ ਦੀ ਸਲਾਹ ਲਉ
SangholTimes/ਮੋਹਾਲੀ/22 ਦਸੰਬਰ,2022/ਗੁਰਜੀਤ ਬਿੱਲਾ : ਚੀਨ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ ਪਾਜ਼ੇਟਿਵ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਵੇਖਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਇਸ ਮਾਰੂ ਬੀਮਾਰੀ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣਾ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ, ਜਨਤਕ ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ ਆਦਿ ’ਤੇ ਜਾਣ ਸਮੇਂ ਮਾਸਕ ਪਾਇਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਉਕਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿਚ 15 ਸਾਲ ਤੋਂ ਉਪਰਲਾ ਹਰ ਵਿਅਕਤੀ ਸ਼ਾਮਲ ਹੈ, ਨੂੰ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਵਾਂਗ ਜਾਰੀ ਹੈ। ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ ਬਚਾਅ ਲਈ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।
ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਲੋਕਾਂ ਨੂੰ ਅਪੀਲ ਕਰਦੇ ਹੋਏ।