ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਨਿੱਘਾ ਸਵਾਗਤ
ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ
ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ
Sanghol Times/ਅੰਮ੍ਰਿਤਸਰ/08 ਮਾਰਚ, 2023(ਰਣਜੀਤ ਸਿੰਘ ਮਸੌਣ/ਕੁਸ਼ਾਲ/ਸੁਖਦੇਵ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸ੍ਰੀ ਅੰਮਿ੍ਤਸਰ ਸਾਹਿਬ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਤੇ ਨਿੱਘਾ ਸਵਾਗਤ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਦਿਨਾਂ ਦੌਰੇ ਉੱਤੇ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਉੱਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਪੰਜਾਬ ਆਉਂਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾਂ ਸਕਦਾ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇੱਕ ਯਾਦਗਾਰੀ ਮੌਕਾਂ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।
ਐਸਜੀਪੀਸੀ ਪ੍ਰਧਾਨ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ
ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ ਪਤਾਸਾ ਪ੍ਰਸ਼ਾਦ, ਫੁੱਲਾਂ ਦਾ ਹਾਰ ਦੇ ਕੇ ਸਨਮਾਨ ਦਿੱਤਾ ਗਿਆ। ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਖੇ ਵੀ ਗਏੇ। ਜਿਥੇ ਉਨ੍ਹਾਂ ਨੇ ਸਾਰਿਆਂ ਨਾਲ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਛਕਿਆ। ਪਰਕਰਮਾਂ ਦੌਰਾਨ ਸ੍ਰੀਮਤੀ ਦ੍ਰੌਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਸੂਚਨਾ ਅਧਿਕਾਰੀਆਂ ਨੇ ਇਸ ਪਾਵਨ ਅਸਥਾਨ ਦੇ ਇਤਿਹਾਸ, ਮਰਯਾਦਾ, ਸਿੱਖ ਪ੍ਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਦੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਅਤੇ ਅਧਿਕਾਰੀ ਉਚੇਚੇ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਨੁਭਵ ਸਾਂਝੇ ਕਰਦਿਆਂ ਯਾਤਰੂ ਕਿਤਾਬ ਵਿੱਚ ਲਿਖਿਆਂ, “ਇਸ ਪਵਿੱਤਰ ਅਸਥਾਨ ’ਤੇ ਆ ਕੇ ਮੈਂ ਬਹੁਤ ਖ਼ੁਸ਼ ਹਾਂ। ਸੁੰਦਰ ਭਵਨ ਉਸਾਰੀ ਕਲਾ ਅਤੇ ਰੂਹਾਨੀ ਸ਼ਾਂਤੀ ਵਾਲਾ ਇਹ ਪਵਿੱਤਰ ਅਸਥਾਨ ਸ਼ਾਂਤੀ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ। ਮੈਂ ਇਥੇ ਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਹੈ। ਲੰਗਰ ਦੌਰਾਨ ਵਿਸ਼ੇਸ਼ ਤੌਰ ’ਤੇ ਸੇਵਾ ਅਤੇ ਸ਼ਰਧਾ ਦੀ ਭਾਵਨਾ ਨਾਲ ਸੇਵਾ ਕਰਨ ਵਾਲਿਆਂ ਨੂੰ ਅਣਥੱਕ ਕੰਮ ਕਰਦੇ ਦੇਖ ਕੇ ਬਹੁਤ ਖ਼ੁਸ਼ੀ ਹੋਏ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਭਾਈਚਾਰੇ ਅਤੇ ਏਕਤਾ ਦਾ ਅਭਿਆਸ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣ।”
ਇਸ ਦੌਰਾਨ ਸ੍ਰੀਮਤੀ ਦ੍ਰੌਪਦੀ ਮੁਰਮੂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਐਕਟ ਰੱਦ ਕਰਨ ਦੇ ਸਬੰਧ ਵਿੱਚ ਦੋ ਮੰਗ ਪੱਤਰ ਵੀ ਸੌਂਪੇ।
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸੌਂਪੇ ਗਏ ਮੰਗ ਪੱਤਰ ’ਚ ਕਿਹਾ ਗਿਆ ਕਿ ਲੰਮੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਂ ਰਿਹਾ। ਇਹ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਉਹ ਇਸ ਮਾਮਲੇ ਵਿੱਚ ਆਪਣਾ ਦਖ਼ਲ ਦੇਣ ਅਤੇ ਸਰਕਾਰ ਨੂੰ ਬੰਦੀ ਸਿੰਘ ਰਿਹਾਅ ਕਰਨ ਲਈ ਆਦੇਸ਼ ਜਾਰੀ ਕਰਨ। ਇਸ ਮੰਗ ਪੱਤਰ ਵਿਚ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ 9 ਸਿੱਖ ਬੰਦੀਆਂ ਦਾ ਜ਼ਿਕਰ ਕੀਤਾ ਗਿਆ ਹੈ।
ਦੂਸਰੇ ਮੰਗ ਪੱਤਰ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਇਹ ਐਕਟ ਬਣਾਇਆਂ ਹੈ। ਹਰਿਆਣਾ ਕਮੇਟੀ ਐਕਟ ਨੂੰ ਬਣਾਉਣ ਮੌਕੇ ਸਿੱਖ ਗੁਰਦੁਆਰਾ ਐਕਟ 1925 ਦੀ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ। ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ 1925 ਐਕਟ ਅਧੀਨ ਸ਼੍ਰੋਮਣੀ ਕਮੇਟੀ ਪਾਸ ਹੈ ਅਤੇ ਮੌਜੂਦਾ ਸਮੇਂ ਵੀ ਇਸੇ ਤਹਿਤ ਹੀ ਗੁਰਦੁਆਰਾ ਸਾਹਿਬਾਨ ਨੋਟੀਫਾਈਡ ਹਨ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਇਸ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਐਕਟ ਨੂੰ ਤਰੁੱਤ ਰੱਦ ਕਰਨ ਲਈ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜੋਧ ਸਿੰਘ ਸਮਰਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਡੀਸੀਪੀ ਪ੍ਰਮਿੰਦਰ ਸਿੰਘ ਭੰਡਾਲ, ਐਸਪੀ ਹਰਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ, ਰਣਧੀਰ ਸਿੰਘ ਅਤੇ ਹੋਰ ਮੌਜੂਦ ਸਨ।