ਤਾਮਿਲਨਾਡੂ ਵਾਂਗ ਸ਼ਰਾਬ ਦਾ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ
ਅੰਮ੍ਰਿਤਸਰ/13.03.2023(ਰਣਜੀਤ ਸਿੰਘ ਮਸੌਣ) ਅੰਮ੍ਰਿਤਸਰ ਵਿਕਾਸ ਮੰਚ ਨੇ ਤਾਮਿਲਨਾਡੂ ਵਾਂਗੂ ਸ਼ਰਾਬ ਦਾ ਕਾਰੋਬਾਰ ਸਰਕਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਤਾਮਿਲਨਾਡੂ ਨੇ 1983 ਤੋਂ ਸਰਕਾਰ ਨੇ ਸ਼ਰਾਬ ਦੇ ਕਾਰੋਬਾਰ ਨੂੰ ਆਪਣੇ ਹੱਥ ਵਿੱਚ ਲਿਆ ਹੈ ਤੇ ਉਸ ਨੂੰ 2021-22 ਵਰ੍ਹੇ, ਵਿੱਚ 36 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ। ਨਵਜੋਤ ਸਿੰਘ ਸਿੱਧੂ 11 ਜਨਵਰੀ 2022 ਨੂੰ ਜਾਰੀ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਜੇ ਅਸੀਂ ਸ਼ਰਾਬ ਮਾਫੀਆ ‘ਤੇ ਕਾਬੂ ਪਾਉਣ ਲਈ ਤਾਮਿਲਨਾਡੂ ਵਾਂਗੂ ਸ਼ਰਾਬ ਦੇ ਕਾਰੋਬਾਰ ਨੂੰ ਪੰਜਾਬ ਸਰਕਾਰ ਆਪਣੇ ਹੱਥ ਵਿੱਚ ਲੈ ਲਵੇ ਤਾਂ ਸਰਕਾਰ ਨੂੰ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਆਮਦਨ ਹੋ ਸਕਦੀ ਹੈ। ਏਸੇ ਤਰ੍ਹਾਂ ਉਨ੍ਹਾਂ ਕਿਹਾ ਸੀ ਕਿ ਜੇ ਰੇਤ ਮਾਫੀਆ, ਕੇਬਲ ਮਾਫੀਆ, ਇਸ਼ਤਿਹਾਰਬਾਜ਼ੀ ‘ਤੇ ਸਰਕਾਰ ਨੱਥ ਪਾ ਲਵੇ ਤਾਂ ਪੰਜਾਬ ਸਰਕਾਰ ਨੂੰ ਮੋਟੀ ਕਮਾਈ ਹੋ ਸਕਦੀ ਹੈ।ਇਸ ਲਈ ਮਾਫ਼ੀਆ ਰਾਜ ਖ਼ਤਮ ਕਰਨ ਸਰਕਾਰ ਫ਼ੌਰੀ ਲੋੜੀਂਦਟ ਕਦਮ ਚੁੱਕੇ ।