ਸਿਹਤ ਵਿਭਾਗ ਨੇ ਡੇਂਗੂ ਖਿਲਾਫ ਜਾਗਰੂਕਤਾ ਰੈਲੀ ਕੱਢੀ
ਡੇਂਗੂ ਖਿਲਾਫ ਮੁਹਿੰਮ ਚ ਲੋਕ ਜਾਗਰੂਕਤਾ ਦੀ ਮੁੱਖ ਭੂਮਿਕਾ- ਡਾ. ਸੰਗੀਤਾ ਜੈਨ
SangholTimes/GurjitBilla/ਐਸ.ਏ.ਐਸ ਨਗਰ/ਡੇਰਾਬੱਸੀ/16ਮਈ,2022 –
ਡਾ. ਆਦਰਸ਼ਪਾਲ ਕੌਰ ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨਲ ਹਸਪਤਾਲ ਡੇਰਾਬੱਸੀ ਦੀ ਅਗਵਾਈ ਹੇਠ ਅੱਜ ਪਿੰਡ ਮੀਰਪੁਰ ਵਿਖੇ ਬਲਾਕ ਪੱਧਰੀ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਡਾ.ਅਕਸ਼ੈ ਕੁਮਾਰ ਜਿ਼ਲ੍ਹਾ ਐਪੀਡੀਮੋਲੋਜਿਸਟ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਆਸ਼ਾ ਵਰਕਰਾਂ, ਸਿਹਤ ਕਰਮਚਾਰੀ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਜੀਵਨ ਜੋਤੀ ਹਸਪਤਾਲ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਸੰਗੀਤਾ ਜੈਨ ਅਤੇ ਡਾ.ਅਕਸ਼ੈ ਕੁਮਾਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਸੰਗੀਤਾ ਜੈਨ ਨੇ ਪਿੰਡ ਮੀਰਪੁਰ ਦੇ ਬਜ਼ਾਰ ਵਿੱਚ ਜਾ ਕੇ ਆਪ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਡੈਂਗੂ ਅਤੇ ਚਿਕਨਗੁਨੀਆ ਏਡੀਜ਼ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸਦੇ ਮੁੱਖ ਲੱਛਣ ਹਨ – ਤੇਜ ਬੁਖਾਰ, ਸਿਰ ਦਰਦ, ਜੋੜਾਂ ਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਤੇ ਨੱਕ ਵਿਚੋਂ ਖੂਨ ਵਗਣਾ ਆਦਿ ਹਨ । ਇਸਦਾ ਮੱਛਰ ਸਾਫ ਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਇਸ ਤੋਂ ਬੱਚਣ ਲਈ ਜਿਨ੍ਹਾਂ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ ਦੁਆਲੇ ਇੱਕਠਾ ਹੀ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ ਵਿੱਚ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ । ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਦਾ ਇਸਤੇਮਾਲ ਨਾ ਕੀਤਾ ਜਾਵੇ , ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾਵੇ , ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕੀਤਾ ਜਾਵੇ, ਪਾਣੀ ਜਾਂ ਤਰਲ ਚੀਜਾਂ ਜਿਆਦਾ ਪੀਤੀਆਂ ਜਾਣ ਅਤੇ ਆਰਾਮ ਕੀਤਾ ਜਾਵੇ । ਇਕ ਹਫ਼ਤੇ ‘ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ ‘ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ। ਇਸ ਲਈ ਸਵੇਰ ਅਤੇ ਸ਼ਾਮ ਵੇਲੇ ਖ਼ਾਸ ਤੌਰ ਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ ਤਾਂ ਜੋ ਸਰੀਰ ਦਾ ਕੋਈ ਵੀ ਅੰਗ ਨੰਗਾ ਨਾ ਰਹੇ ਜਿਸ ਤੇ ਮੱਛਰ ਲੜ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਮੱਛਰ ਭਜਾਉਣ ਵਾਲੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਡਾ. ਜੈਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਕੇਸਾਂ ਸਬੰਧੀ ਸਰਵੇ ਆਉਂਦੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਜਿੱਥੇ ਵੀ ਬੁਖ਼ਾਰ ਦੇ ਕੇਸਾਂ ਵਿੱਚ ਵਾਧਾ ਹੁੰਦਾ ਨਜ਼ਰ ਆਉਂਦਾ ਹੈ ਉੱਥੇ ਵਿਸ਼ੇਸ਼ ਮੈਡੀਕਲ ਕੈਂਪਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਮਰਜੈਂਸੀ ਸੇਵਾਵਾਂ ਵੀ 24 ਘੰਟੇ ਖੁੱਲੀਆਂ ਹਨ। ਉਨਾਂ ਇਹ ਵੀ ਸਪਸ਼ਟ ਕੀਤਾ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਅਨੁਸਾਰ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ। ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਉੱਤੇ ਕਿਸੇ ਵੀ ਹਸਪਤਾਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਡੇਂਗੂ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਿਵਲ ਹਸਪਤਾਲ ਡੇਰਾਬੱਸੀ ਵਿੱਚ ਉਪਲੱਬਧ ਹਨ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸਹਿਯੋਗ ਲੈਣ ਲਈ ਸਿਵਲ ਹਸਪਤਾਲ ਡੇਰਾਬੱਸੀ ਵਿੱਖੇ ਸੰਪਰਕ ਕੀਤਾ ਜਾ ਸਕਦਾ ਹੈ ਡੇਂਗੂ ਦਾ ਇਲਾਜ ਅਤੇ ਟੈਸਟ ਸਿਵਲ ਹਸਪਤਾਲ ਡੇਰਾਬੱਸੀ ਵਿੱਖੇ ਮੁਫਤ ਹੁੰਦਾ ਹੈ । ਇਸ ਤੋਂ ਇਲਾਵਾ ਡਾ. ਅਕਸ਼ੈ ਕੁਮਾਰ ਨੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜੀਵਨਜੋਤੀ ਹਸਪਤਾਲ ਦੇ ਪ੍ਰਬੰਧਕ ਡਾ. ਪਾਰਸ ਸੂਰੀ, ਰਵੀਨਾ ਸੂਰੀ, ਡਾ. ਆਰ.ਐਮ.ਰਾਜ, ਰਜਨੀ ਬਾਲਾ ਐਲ.ਐਚ.ਵੀ., ਡਾ. ਜਸਵਿੰਦਰ ਕੌਰ ਆਰ.ਐਮ.ਓ., ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਸਿ਼ਵ ਕੁਮਾਰ ਐਸ.ਆਈ, ਬਲਜੀਤ ਸਿੰਘ, ਜਤਿੰਦਰ ਸਿੰਘ, ਕੁਲਵਿੰਦਰ ਕੁਮਾਰ, ਮਨਜਿੰਦਰ ਸਿੰਘ, ਦਲਬੀਰ ਸਿੰਘ, ਭੁਪਿੰਦਰ ਕੌਰ, ਪਰਮਜੀਤ ਕੌਰ ਤੋਂ ਇਲਾਵਾ ਸਥਾਨਕ ਆਸ਼ਾ ਵਰਕਰ ਵੀ ਹਾਜ਼ਰ ਸਨ।